Breach Of Trust With People
India News (ਇੰਡੀਆ ਨਿਊਜ਼), Breach Of Trust With People, ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ।
ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ‘ਆਪ’ ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ ‘ਆਪ’ ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ।
ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Get Current Updates on, India News, India News sports, India News Health along with India News Entertainment, and Headlines from India and around the world.