CM Bhagwant Singh
India News (ਇੰਡੀਆ ਨਿਊਜ਼), CM Bhagwant Singh, ਚੰਡੀਗੜ੍ਹ : ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।”
ਸੂਬੇ ਵਿੱਚ ਹੁਣ ਸਰਕਾਰੀ ਸੰਸਥਾਵਾਂ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਿਸਾਲ ਵਜੋਂ ਦੱਸਿਆ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ।
ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, ”ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਮਾਗਮ, ਨਵੇਂ ਸਕੂਲਾਂ ਅਤੇ ਹਸਪਤਾਲਾਂ ਸਮੇਤ ਵੱਡੇ ਪ੍ਰਾਜੈਕਟਾਂ ਦੇ ਉਦਘਾਟਨ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਹਰੇਕ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਪੰਜਾਬ ਸਰਕਾਰ ਉਸ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।”
ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ।
ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਵਿੱਚ ਡਾਕਟਰ, ਵਕੀਲ, ਸਮਾਜ ਸੇਵੀ ਅਤੇ ਹੋਰ ਖੇਤਰ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼ਾਮਲ ਹਨ।
ਇਹ ਵੀ ਪੜ੍ਹੋ :Voting Awareness Campaign : ਜ਼ਿਲ੍ਹੇ ਵਿੱਚ ਮਤਦਾਨ ਪ੍ਰਤੀਸ਼ਤਤਾ ਚ ਵਾਧੇ ਲਈ 6 ਮੋਬਾਈਲ ਵੈਨਾਂ ਜਾਗਰੂਕਤਾ ਮੁਹਿੰਮ ਤੇ ਲਾਈਆਂ
Get Current Updates on, India News, India News sports, India News Health along with India News Entertainment, and Headlines from India and around the world.