Martyred Farmers during Protest
ਇੰਡੀਆ ਨਿਊਜ਼, ਚੰਡੀਗੜ੍ਹ (Martyred Farmers during Protest) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਸਬੰਧੀ ਪੱਤਰ ਲਿਖੇਗੀ।
ਧਾਲੀਵਾਲ ਨੇ ਭਾਰਤ ਮਾਲਾ ਯੋਜਨਾ ਤਹਿਤ ਬਣਾਏ ਜਾ ਰਹੇ ਹਾਈਵੇਜ਼ ਵਿੱਚ ਕਿਸਾਨਾਂ ਦੀਆਂ ਆ ਰਹੀਆਂ ਜ਼ਮੀਨਾਂ ਸਬੰਧੀ ਮੌਕੇ ‘ਤੇ ਮੌਜੂਦ ਹਾਈਵੇਅ ਨਾਲ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਜ਼ਮੀਨਾਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਇਕਸਾਰਤਾ ਵਾਲੀ ਨੀਤੀ ਅਪਣਾਈ ਜਾਵੇ। ਉਨ੍ਹਾਂ ਨੇ ਕਿਸਾਨਾਂ ਤੋਂ ਹਾਈਵੇਅ ਲਈ ਲਈਆਂ ਜਾ ਰਹੀਆਂ ਜ਼ਮੀਨਾਂ ਨਾਲ ਸਬੰਧਤ ਡਵੀਜ਼ਨਲ ਕਮਿਸ਼ਨਾਂ ਕੋਲ ਪਏ ਕੇਸਾਂ ਤੇ ਅਪੀਲਾਂ ਨੂੰ ਨਿਰਧਾਰਤ ਸਮਾਂ ਸੀਮਾਂ ਅੰਦਰ ਹੱਲ ਕਰਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਏਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਪ੍ਰਮੁੱਖ ਸਕੱਤਰ ਖੇਤੀਬਾੜੀ ਡੀਕੇ ਤਿਵਾੜੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਿਪਟੀ ਕਮਿਸ਼ਨਰ ਤਰਨਤਾਰਨ ਰਿਸ਼ੀਪਾਲ, ਕਮਿਸ਼ਨਰ ਪੁਲੀਸ ਅੰਮ੍ਰਿਤਸਰ ਜਸਕਰਨ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੀ ਤਰੱਕੀ ਲਈ ਉਦਯੋਗਾਂ ਨੂੰ ਹੁਲਾਰਾ ਦੇਣਾ ਜਰੂਰੀ : ਮਾਨ
ਇਹ ਵੀ ਪੜ੍ਹੋ: ਪੇਂਡੂ ਉਦਯੋਗਿਕ ਹੱਬ ਸਥਾਪਤ ਕੀਤੇ ਜਾਣਗੇ : ਮਾਨ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.